Thursday, April 25, 2024

ਦਿੱਲੀ ਫਤਿਹ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਤੇ ਜਸਪ੍ਰੀਤ ਸਿੰਘ ਕਰਮਸਰ ਨੇ ਕੀਤੀ ਮੈਂਬਰਾਂ ਨਾਲ ਮੀਟਿੰਗ

 


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਕੀਤੀ।
ਇਸ ਮੀਟਿੰਗ ਵਿਚ ਸਮੂਹ ਹਾਜ਼ਰੀਨ ਨੂੰ ਪ੍ਰੋਗਰਾਮ ਦੀ ਰੂਪ ਰੇਖਾ ਤੋਂ ਜਾਣੂ ਕਰਵਾਇਆ ਗਿਆ।
ਮੀਟਿੰਗ ਵਿਚ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜੋ ਵੀ ਪ੍ਰੋਗਰਾਮ ਉਲੀਕਿਆ ਜਾਂਦਾ ਹੈ, ਉਸ ਪ੍ਰੋਗਰਾਮ ਦੇ ਪੋਸਟਰ ਤੇ ਪੋਸਟਾਂ ਉਹ ਸਾਰੇ ਆਪੋ ਆਪਣੇ ਸੋਸ਼ਲ ਮੀਡੀਆ ’ਤੇ ਜ਼ਰੂਰ ਸ਼ੇਅਰ ਕਰਨ। ਉਹਨਾਂ ਕਿਹਾ ਕਿ ਇਸ ਨਾਲ ਸੰਗਤਾਂ ਵਿਚ ਸੰਦੇਸ਼ ਪਹੁੰਚਾਉਣ ਵਿਚ ਵੱਡੀ ਮਦਦ ਮਿਲਦੀ ਹੈ ਕਿਉਂਕਿ ਹਰ ਇਲਾਕੇ ਦੀ ਸੰਗਤ ਆਪੋ ਆਪਣੇ ਮੈਂਬਰ ਨਾਲ ਵੱਡੇ ਪੱਧਰ ’ਤੇ ਜੁੜੀ ਹੁੰਦੀ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਆਪੋ ਆਪਣੇ ਇਲਾਕੇ ਵਿਚ ਸੰਗਤਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਇਸ ਦਿਵਸ ਦੀ ਮਹੱਤਤਾ ਤੇ ਸਾਡੇ ਮਹਾਨ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।
ਮੀਟਿੰਗ ਵਿਚ ਪ੍ਰੋਗਰਾਮ ਲਈ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਗਈਆਂ।

No comments:

Post a Comment

Note: Only a member of this blog may post a comment.