Monday, September 23, 2024

ਦਿੱਲੀ ਗੁਰਦੁਆਰਾ ਕਮੇਟੀ ਤੇ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਗੁਰਦੁਆਰਾ ਕਮੇਟੀਆਂ ਦੇ ਆਗੂਆਂ ਦੇ ਸਿੱਖ ਵਫਦ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੁਲਾਕਾਤ

 


ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਦਿੱਤੇ ਬਿਆਨ ਬਾਰੇ ਦਿੱਤਾ ਮੰਗ ਪੱਤਰ


ਸਿੱਖਾਂ ਨੂੰ ਕੱਕਾਰਾਂ ਨੂੰ ਲੈ ਕੇ ਦਰਪੇਸ਼ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 21 ਸਤੰਬਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਪਟਨਾ ਸਾਹਿਬ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਸਮੇਤ ਕੋਲਕਾਤਾ, ਇੰਦੌਰ, ਲਖਨਊ, ਹੈਦਰਾਬਾਦ ਤੇ ਝਾਰਖੰਡ ਸਮੇਤ ਵੱਖ-ਵੱਖ ਥਾਵਾਂ ਤੋਂ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਸਮੇਤ ਇਕ ਉੱਚ ਪੱਧਰੀ ਸਿੱਖ ਵਫਦ ਨੇ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿਚ ਵਿਰੋਧੀ ਧਿਰ ਆਗੂ ਤੇ ਕਾਂਗਰਸੀ ਨੇਤਾ ਸ੍ਰੀ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿਚ ਸਿੱਖਾਂ ਦੇ ਭਾਰਤ ਵਿਚ ਸੁਰੱਖਿਅਤ ਨਾ ਹੋਣ ਦੇ ਦਿੱਤੇ ਬਿਆਨ ਪ੍ਰਤੀ ਰੋਸ ਮੰਗ ਪੱਤਰ ਸੌਂਪਿਆ।
ਵਫਦ ਨੇ ਮੰਤਰੀ ਨੂੰ ਦੱਸਿਆ ਕਿ ਸਿੱਖ ਇਕ ਦੇਸ਼ ਭਗਤ ਕੌਮ ਹੈ ਜਿਸਨੇ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਹੁਣ ਤੱਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਸਮੇਤ ਵੱਖ-ਵੱਖ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ।
 ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਬਿਆਨ ਸਿੱਖਾਂ ਬਾਰੇ ਦਿੱਤਾ ਹੈ, ਉਸਦਾ ਮਕਸਦ ਦੇਸ਼ ਵਿਚ ਸਿੱਖਾਂ ਪ੍ਰਤੀ ਨਫਰਤ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ 1980ਵਿਆਂ ਵਿਚ ਅਜਿਹਾ ਹੀ ਆਧਾਰ ਤਿਆਰ ਕੀਤਾ ਗਿਆ ਸੀ ਜਿਸਦੇ ਨਤੀਜੇ ਵਜੋਂ 1984 ਵਿਚ ਸਿੱਖਾਂ ਦਾ ਕਤਲੇਆਮ ਹੋਇਆ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਤਾਂ ਹਾਲੇ ਉਹ ਵੀ ਜ਼ਖ਼ਮ ਅੱਲ੍ਹੇ ਹਨ ਤੇ ਹੁਣ ਨਵੇਂ ਸਿਰੇ ਤੋਂ ਸਿੱਖਾਂ ਖਿਲਾਫ ਜ਼ਹਿਰ ਉਗਲਣਾ ਸ਼ੁਰੂ ਕਰ ਦਿੱਤਾ ਗਿਆ ਹੈ। 
ਉਹਨਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਦੇ ਇਸ ਗੈਰ ਜ਼ਿੰਮੇਵਾਰਾਨਾ ਬਿਆਨ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਇਸ ’ਤੇ ਰਾਹੁਲ ਗਾਂਧੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਵਫਦ ਨੇ ਮੰਤਰੀ ਦੇ ਇਹ ਵੀ ਬਿਆਨ ਵਿਚ ਲਿਆਂਦਾ ਕਿ ਦੇਸ਼ ਵਿਚ ਵੱਖ-ਵੱਖ ਥਾਵਾਂ ’ਤੇ ਸਿੱਖਿਆ ਕੇਂਦਰਾਂ ਦੇ ਬਾਹਰ, ਹਵਾਈ ਅੱਡਿਆਂ ’ਤੇ, ਮੈਟਰੋ ਰੇਲ ਗੱਡੀਆਂ ਵਿਚ ਤੇ ਹੋਰ ਜਨਤਕ ਥਾਵਾਂ ’ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੀਤੇ ਪੰਜ ਕੱਕਾਰਾਂ ਨੂੰ ਲੈ ਕੇ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਇਸ ਲਈ ਗ੍ਰਹਿ ਮੰਤਰਾਲੇ ਸਮੁੱਚੇ ਦੇਸ਼ ਨੂੰ ਕੱਕਾਰਾਂ ਨੁੰ ਧਾਰਣ ਕਰਨ ਦੇ ਸੰਵਿਧਾਨਕ ਹੱਕ ਬਾਰੇ ਸਪਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰੇ ਤਾਂ ਜੋ ਅਜਿਹੀਆਂ ਮੁਸ਼ਕਿਲਾਂ ਨਾ ਆਉਣ।
ਵਫਦ ਦੀ ਗੱਲ ਬਹੁਤ ਹੀ ਗੌਰ ਨਾਲ ਸੁਣਨ ਮਗਰੋਂ ਮੰਤਰੀ ਸ੍ਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਦੇਸ਼ ਵਾਸਤੇ ਯੋਗਦਾਨ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਸਮੁੱਚਾ ਦੇਸ਼ ਸਿੱਖ ਗੁਰੂ ਸਾਹਿਬਾਨ ਸਮੇਤ ਸਿੱਖ ਕੌਮ ਦੇ ਮੈਂਬਰਾਂ ਵੱਲੋਂ ਦੇਸ਼ ਵਾਸਤੇ ਘਾਲਣਾ ਘਾਲਣ ਦਾ ਸਤਿਕਾਰ ਕਰਦਾ ਹੈ ਤੇ ਸਿੱਖਾਂ ਨਾਲ ਕਿਸੇ ਵੀ ਤਰੀਕੇ ਦਾ ਵਿਤਕਰਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦੁਆਇਆ ਕਿ ਪੰਜ ਕੱਕਾਰਾਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਜਲਦੀ ਹੀ ਵਿਸਥਾਰਿਤ ਦਿਸ਼ਾ ਨਿਰਦੇਸ਼ ਜਾਰੀ ਕਰੇਗਾ।
ਵਫਦ ਵਿਚ ਹੋਰਨਾਂ ਤੋਂ ਇਲਾਵਾ ਹਰਿਆਣਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਪਟਨਾ ਕਮੇਟੀ ਤੋਂ ਮੋਹਿੰਦਰ ਪਲ ਸਿੰਘ ਢਿੱਲੋ, ਗੁਰਵਿੰਦਰ ਸਿੰਘ, ਹਰਪਾਲ ਸਿੰਘ ਜੌਹਲ, ਹਜ਼ੂਰ ਸਾਹਿਬ ਤੋਂ ਵਿਜੈ ਸਤਬੀਰ ਸਿੰਘ, ਤੇ ਹੋਰ ਸਿੱਖ ਸ਼ਖਸੀਅਤਾਂ ਸ਼ਾਮਲ ਸਨ।

No comments:

Post a Comment

Note: Only a member of this blog may post a comment.